ਅਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)-ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਇਸ ਵਾਰ ਵੀ 15 ਅਗਸਤ ਨੂੰ ਕੌਮੀ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਜਾਣ ਵਾਲੇ ਇਸ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਨੂੰ ਕਾਮਯਾਬ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਕਿਹਾ ਕਿ ਗੁਰਦਾਸਪੁਰ ਵਿਖੇ ਜਸ਼ਨ-ਏ-ਅਜ਼ਾਦੀ ਸਮਾਗਮ ਪੂਰੀ ਧੂਮ-ਧਾਮ ਨਾਲ ਮਨਾਇਆ ਜਾਵੇਗਾ ਅਤੇ ਹਰ ਵਿਭਾਗ ਆਪਣੀਆਂ ਤਿਆਰੀਆਂ ਨੂੰ ਹੁਣ ਤੋਂ ਹੀ ਸ਼ੁਰੂ ਕਰ ਦੇਵੇ। ਉਨ੍ਹਾਂ ਕਿਹਾ ਕਿ ਅਜ਼ਾਦੀ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਉਪਰੰਤ ਪੰਜਾਬ ਪੁਲੀਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਕੈਡਿਟ ਅਤੇ ਵੱਖ ਵੱਖ ਸਕੂਲਾਂ ਦੀਆਂ ਪਰੇਡ ਅਤੇ ਬੈਂਡ ਟੀਮਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਦੀ ਤਰਜ਼ਮਾਨੀ ਕਰਦਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਰ ਵਿਭਾਗ ਆਪਣੀਆਂ ਤਿਆਰੀਆਂ ਨੂੰ ਸਮਾਂ ਰਹਿੰਦਿਆਂ ਪੂਰਾ ਕਰ ਲਵੇ। ਇਸ ਮੌਕੇ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ ਜੋ ਕਿ ਅਜ਼ਾਦੀ ਸਮਾਗਮ ਨੂੰ ਸਫਲਤਾ ਨਾਲ ਨੇਪਰੇ ਚਾੜਨਗੀਆਂ। ਉਨ੍ਹਾਂ ਕਿਹਾ ਕਿ ਅਜ਼ਾਦੀ ਦਿਹਾੜੇ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਤਹਿਸੀਲਦਾਰ ਰਾਜਵਿੰਦਰ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਡਿਪਟੀ ਡਾਇਰੈਕਟਰ ਤਜਿੰਦਰ ਸਿੰਘ ਬਾਜਵਾ, ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰਹਰਚਰਨ ਸਿੰਘ ਕੰਗ, ਐਕਸੀਅਨ ਮੰਡੀ ਬੋਰਡ ਬਲਦੇਵ ਸਿੰਘ ਬਾਜਵਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਮਨਦੀਪ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।