ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੀ ਕਾਰਜਵਿਧੀ, ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ, ਇਮੀਗਰੇਸ਼ਨ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ
ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ, 1 ਮਈ ( ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਲੈਂਡਪੋਰਟ ਅਥਾਰਟੀ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਜੀ.ਐੱਮ. ਸ੍ਰੀ ਟੀ.ਆਰ. ਸ਼ਰਮਾ, ਸਹਾਇਕ ਮੈਨੇਜਰ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਮੌਕੇ ਲੈਂਡਪੋਰਟ ਅਥਾਰਿਟੀ ਦੇ ਅਧਿਕਾਰੀਆਂ ਕੋਲੋਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੀ ਕਾਰਜਵਿਧੀ, ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ, ਇਮੀਗਰੇਸ਼ਨ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨੇ ਜ਼ੀਰੋ ਲਾਈਨ ਦੇ ਕੋਲ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਵੀ ਲਿਆ। ਇਸੇ ਦੌਰਾਨ ਉਨ੍ਹਾਂ ਨੇ ਪਾਕਿਸਤਾਨ ਨਾਲ ਜੁੜਦੇ ਪੁਲ ਦਾ ਨਿਰਮਾਣ ਦਾ ਨਿਰੀਖਣ ਵੀ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਅਮਨ ਦਾ ਉਹ ਲਾਂਘਾ ਹੈ ਜੋ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਮੌਕਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ-ਪਕਿਸਤਾਨ ਸਰਕਾਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਇਹ ਕੋਰੀਡੋਰ ਖੋਲਿਆ ਗਿਆ ਸੀ ਤਾਂ ਜੋ ਭਾਰਤੀ ਸ਼ਰਧਾਲੂ ਸਰਹੱਦ ਪਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਣ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੇ ਚਾਹਵਾਨ ਭਾਰਤੀ ਸ਼ਰਧਾਲੂ ਅਤੇ ਓ.ਸੀ.ਆਈ. ਕਾਰਡ ਧਾਰਕ ਪ੍ਰਵਾਸੀ ਭਾਰਤੀ ਸ਼ਰਧਾਲੂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਚਲਾਈ ਜਾ ਰਹੀ ਵੈੱਬਸਾਈਟ ਹਟਟਪਸ://ਪਰੳਕੳਸਹਪੁਰਬ550.ਮਹੳ.ਗੋਵ.ਨਿ/ਕਪਰ/ ਉੱਪਰ ਆਨ ਲਾਈਨ ਅਪਲਾਈ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਅਪਲਾਈ ਕਰਨ ਤੋਂ ਬਾਅਦ ਗ੍ਰਹਿ ਮੰਤਰਾਲੇ ਵੱਲੋਂ ਯਾਤਰੂ ਨੂੰ ਈ-ਮੇਲ ਰਾਹੀਂ ਇਲੈਕਟ੍ਰਾਨਿਕ ਟਰੈਵਲ ਆਥੋਰਾਈਜੇਸ਼ਨ (ਈ .ਟੀ.ਏ.) ਭੇਜੀ ਜਾਂਦੀ ਹੈ ਅਤੇ ਯਾਤਰੂ ਨਿਰਧਾਰਤ ਮਿਤੀ ਵਾਲੇ ਦਿਨ ਆਪਣਾ ਪਾਸਪੋਰਟ, ਈ.ਟੀ.ਏ. ਅਤੇ 72 ਘੰਟੇ ਤੋਂ ਘੱਟ ਪੁਰਾਣੀ ਕੋਰੋਨਾ ਟੈਸਟ ਨੈਗੇਟਿਵ ਰਿਪੋਰਟ ਲੈ ਕੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ 20 ਅਮਰੀਕੀ ਡਾਲਰ ਦੀ ਫੀਸ ਲਈ ਜਾਂਦੀ ਹੈ ਜੋ ਸ਼ਰਧਾਲੂ ਨੂੰ ਪਾਕਿਸਤਾਨ ਅਥਾਰਟੀ ਕੋਲ ਜਮ੍ਹਾਂ ਕਰਵਾਉਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਯਾਤਰੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੰਪਲੈਕਸ ਤੋਂ ਬਾਹਰ ਨਹੀਂ ਜਾ ਸਕਦੇ ਅਤੇ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਓਸੇ ਦਿਨ ਵਾਪਸ ਭਾਰਤ ਆਉਣਾ ਪੈਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਯਾਤਰੂ ਆਪਣੇ ਨਾਲ ਕੇਵਲ ਇੱਕ ਹੀ ਬੈਗ ਲਿਜਾ ਸਕਦੇ ਹਨ ਜੋ 7 ਕਿਲੋਂ ਤੋਂ ਭਾਰੀ ਨਹੀਂ ਹੋਣਾ ਚਾਹੀਦਾ। ਕਰੰਸੀ ਲਿਜਾਣ ਸਮੇਂ ਭਾਰਤੀ ਰਿਜ਼ਰਵ ਬੈਂਕ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਸ਼ਰਧਾਲੂ ਪਾਸਪੋਰਟ ਨਾ ਹੋਣ ਕਾਰਨ ਜਾਂ ਕਿਸੇ ਹੋਰ ਕਾਰਨ ਕਰਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਹੀਂ ਜਾ ਸਕਦੇ ਉਨ੍ਹਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਸ਼ਨ ਸਥੱਲ ਉੱਪਰ ਦੋ ਵਿਸ਼ੇਸ਼ ਦੂਰਬੀਨਾਂ ਸਥਾਪਤ ਕੀਤੀਆਂ ਗਈਆਂ ਹਨ ਜਿਨ੍ਹਾਂ ਰਾਹੀਂ ਸ਼ਰਧਾਲੂ ਸਰਹੱਦ ਉੱਪਰ ਖੜ੍ਹੇ ਹੋ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ।
ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਹਰਦੀਪ ਸਿੰਘ, ਤਹਿਸੀਲਦਾਰ ਸ. ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਅਰਮਾਨਦੀਪ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।